
ਮੋਹਾਲੀ, 29 ਅਗਸਤ, ਪੰਜਾਬੀ ਦੁਨੀਆ ਬਿਊਰੋ :
ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਮੇਅਰ ਮੋਹਾਲੀ ਸ. ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਆਪਣੇ ਨਿਵਾਸ ਸਥਾਨ ’ਤੇ ਸਮੁੱਚੇ ਹਲਕੇ ਤੋਂ ਪਹੁੰਚੀਆਂ ਸਤਿਕਾਰਯੋਗ ਭੈਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਪਿਆਰ, ਸਤਿਕਾਰ ਅਤੇ ਭਾਵਨਾਤਮਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਭੈਣਾਂ ਨੇ ਬਲਬੀਰ ਸਿੰਘ ਸਿੱਧੂ ਜੀ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀਆਂ ਸਾਂਝੀਆਂ ਭਾਵਨਾਵਾਂ ਨੂੰ ਹੋਰ ਵੀ ਗੂੜ੍ਹਾ ਕੀਤਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਲਬੀਰ ਸਿੰਘ ਸਿੱਧੂ ਜੀ ਨੇ ਹਲਕੇ ਦੀਆਂ ਆਪਣੀਆਂ ਭੈਣਾਂ ਪ੍ਰਤੀ ਪਿਆਰ, ਸਤਿਕਾਰ ਅਤੇ ਅਪਣੱਤ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸੂਟ ਅਤੇ ਸ਼ਗਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਜ਼ਿੰਮੇਵਾਰੀ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੀਆਂ ਭੈਣਾਂ ਅਤੇ ਮਾਤਾਵਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਬਲਕਿ ਪਰਿਵਾਰਕ ਅਤੇ ਭਾਵਨਾਤਮਕ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਪਰਿਵਾਰ ਦੇ ਮੈਂਬਰ ਵਾਂਗ ਖੜ੍ਹੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਸਮੁੱਚੀਆਂ ਭੈਣਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਖੁਸ਼ਹਾਲੀ, ਤੰਦਰੁਸਤੀ, ਸੁੱਖ-ਸ਼ਾਂਤੀ ਅਤੇ ਚੜ੍ਹਦੀਕਲਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭੈਣ-ਭਰਾ ਦਾ ਇਹ ਪਵਿੱਤਰ ਰਿਸ਼ਤਾ ਹਮੇਸ਼ਾ ਪਿਆਰ, ਵਿਸ਼ਵਾਸ ਅਤੇ ਸਤਿਕਾਰ ਨਾਲ ਮਜ਼ਬੂਤ ਰਹੇ।
ਰੱਖੜੀ ਦੇ ਇਸ ਸਮਾਗਮ ਦੌਰਾਨ ਹਲਕੇ ਦੀਆਂ ਭੈਣਾਂ ਵਿੱਚ ਵੀ ਖਾਸ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਭੈਣਾਂ ਨੇ ਬਲਬੀਰ ਸਿੰਘ ਸਿੱਧੂ ਜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੱਖੜੀ ਮੌਕੇ ਕੀਤੇ ਗਏ ਇਸ ਪਿਆਰ ਭਰੇ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਚੜ੍ਹਦੀਕਲਾ ਦੀ ਕਾਮਨਾ ਕੀਤੀ।