
ਮੋਹਾਲੀ, 4 ਸਤੰਬਰ, ਮਨਜੀਤ ਸਿੰਘ ਚਾਨਾ:
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਨੌਜਵਾਨ ਨਾਲ ਧੱਕੇਸ਼ਾਹੀ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ-ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਹੀ ਕਥਿਤ ਤੌਰ ’ਤੇ ਪੁਲਿਸ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਜਾਂ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਦੀ ਵਰਦੀ ਕਾਨੂੰਨ ਦੀ ਰੱਖਿਆ ਦੀ ਜ਼ਿੰਮੇਵਾਰੀ ਦਿੰਦੀ ਹੈ, ਕਿਸੇ ਨਾਗਰਿਕ ਨਾਲ ਜ਼ੁਲਮ ਜਾਂ ਧੱਕੇਸ਼ਾਹੀ ਕਰਨ ਦਾ ਅਧਿਕਾਰ ਨਹੀਂ।
ਸਿੱਧੂ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਵਰਦੀ ਦੀ ਆੜ ਵਿੱਚ ਕਿਸੇ ਨੂੰ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਵੱਲੋਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਇੱਜ਼ਤ ਅਤੇ ਇਨਸਾਫ਼ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।