
ਮੋਹਾਲੀ, 9 ਸਤੰਬਰ, ਮਨਜੀਤ ਸਿੰਘ ਚਾਨਾ:
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਬਿਜਲੀ ਦੀ ਕਥਿਤ ਘਾਟ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਲਾਪ੍ਰਵਾਹੀ, ਕੁਚੱਜੀ ਵਿਉਂਤਬੰਦੀ ਅਤੇ ਨਿਕੰਮੀ ਕਾਰਗੁਜ਼ਾਰੀ ਕਾਰਨ ਸੂਬਾ ਗੰਭੀਰ ਬਿਜਲੀ ਸੰਕਟ ਵੱਲ ਵਧ ਰਿਹਾ ਹੈ।
ਸਿੱਧੂ ਨੇ ਕਿਹਾ ਕਿ ਮੋਹਾਲੀ ਸਮੇਤ ਪੂਰੇ ਪੰਜਾਬ ਦੇ ਸਨਅਤਕਾਰ ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਨਅਤੀ ਖੇਤਰ ਨੂੰ ਲੰਬੇ ਸਮੇਂ ਦੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਉਦਯੋਗਾਂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਅਨੁਸਾਰ ਪੰਜਾਬ ਦੇ ਥਰਮਲ ਪਲਾਂਟਾਂ ਕੋਲ ਕਥਿਤ ਤੌਰ ’ਤੇ ਕੁਝ ਹੀ ਦਿਨਾਂ ਦਾ ਕੋਲਾ ਬਾਕੀ ਹੈ, ਜਿਸ ਕਾਰਨ ਬਿਜਲੀ ਉਤਪਾਦਨ ’ਤੇ ਵੀ ਸੰਕਟ ਦੇ ਬੱਦਲ ਮੰਡਰਾ ਰਹੇ ਹਨ।
ਸਾਬਕਾ ਮੰਤਰੀ ਨੇ ਦਾਅਵਾ ਕੀਤਾ ਕਿ ਸੋਲਰ ਐਨਰਜੀ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਨੂੰ 250 ਮੈਗਾਵਾਟ ਸੂਰਜੀ ਊਰਜਾ 25 ਸਾਲਾਂ ਲਈ 2.61 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਇਸ ਸਬੰਧੀ ਹੁੰਗਾਰਾ ਨਾ ਭਰਨ ਕਾਰਨ ਇਹ ਮੌਕਾ ਹੱਥੋਂ ਨਿਕਲ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਦੂਜੇ ਪਾਸੇ ਨਿੱਜੀ ਕੰਪਨੀਆਂ ਤੋਂ ਮਹਿੰਗੇ ਭਾਅ ’ਤੇ ਥੋੜ੍ਹੇ ਸਮੇਂ ਲਈ ਬਿਜਲੀ ਖਰੀਦੀ ਜਾ ਰਹੀ ਹੈ।
ਸਿੱਧੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਦੇ ਬਿਜਲੀ ਢਾਂਚੇ ਵਿੱਚ ਨਵੀਂ ਥਰਮਲ ਜਾਂ ਸੂਰਜੀ ਊਰਜਾ ਸਮਰੱਥਾ ਨਹੀਂ ਜੋੜੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਥਿਤੀ ਨਾ ਸੁਧਰੀ ਤਾਂ ਉਦਯੋਗ ਪੰਜਾਬ ਤੋਂ ਬਾਹਰ ਜਾਣ ਲਈ ਮਜਬੂਰ ਹੋ ਸਕਦੇ ਹਨ, ਜਿਸ ਨਾਲ ਰੁਜ਼ਗਾਰ ’ਤੇ ਮਾੜਾ ਪ੍ਰਭਾਵ ਪਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਦੇ ਹੱਕ ਵਿੱਚ ਖੜ੍ਹੀ ਹੈ। ਜੇਕਰ ਸਰਕਾਰ ਨੇ ਬਿਜਲੀ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਤਾਂ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰ ਕੇ ਸੰਘਰਸ਼ ਕੀਤਾ ਜਾਵੇਗਾ।