
ਸ਼ਰਧਾਲੂ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਕਾਹਲੇ : ਸਰਬਜੀਤ ਸਮਾਣਾ
ਮੋਹਾਲੀ, 9 ਸਤੰਬਰ. ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਸੀਨੀਅਰ ਸਿਟੀਜ਼ਨਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਭਰ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਫੇਜ਼-11 ਵਿਖੇ ਕੀਤਾ।
ਵਾਰਡ ਨੰਬਰ-19 ਦੀ ਕੌਂਸਲਰ ਮੈਡਮ ਉਪਿੰਦਰਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਖਾਟੂਸ਼ਾਮ ਅਤੇ ਬਾਲਾ ਜੀ ਸਾਲਾਸਰ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਨ ਮੌਕੇ ਮੇਅਰ ਸਮਾਣਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਜੱਥੇ ਜਾਂਦੇ ਸਨ। ਹੁਣ ਖਾਟੂਸ਼ਾਮ, ਸਾਲਾਸਰ ਬਾਲਾਜੀ, ਹਰਿਦੁਆਰ ਅਤੇ ਵਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾ ਰਹੀ ਹੈ।
ਮੇਅਰ ਸਮਾਣਾ ਨੇ ਕਿਹਾ ਕਿ ਯਾਤਰਾ ਲਈ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਖਾਟੂਸ਼ਾਮ ਲਈ ਸਲੀਪਰ ਬੱਸ ਰਾਤ 8 ਵਜੇ ਰਵਾਨਾ ਹੁੰਦੀ ਹੈ ਅਤੇ ਅਗਲੇ ਦਿਨ ਸਵੇਰੇ 9 ਵਜੇ ਖਾਟੂਸ਼ਾਮ ਪਹੁੰਚਦੀ ਹੈ।
ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਸਮੇਤ ਅਮਰਜੀਤ ਸਿੰਘ ਅਰੋੜਾ, ਜੀ.ਪੀ. ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ ਸੈਣੀ, ਅੰਜਲੀ ਸਿੰਘ, ਸਵਰਨ ਲਤਾ, ਹਰਵਿੰਦਰ ਕੌਰ, ਸੋਨੀਆ, ਤਰਨਜੀਤ ਸਿੰਘ, ਨਰਿੰਦਰ ਪਾਲ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਅਤੇ ਗੁਰਿੰਦਰ ਪਾਲ ਸਿੰਘ ਹਾਜ਼ਰ ਸਨ।