
ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਜਿੱਤੇ ਮੈਡਲ
ਐਸ.ਏ.ਐਸ. ਨਗਰ, 21 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੋਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕੀਤੇ।
ਬੀ.ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਅਤੇ 5000 ਮੀਟਰ ਦੌੜ ਵਿੱਚ ਪਹਿਲਾ, ਜਦਕਿ 800 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਭੰਨਾ ਨੇ 800 ਅਤੇ 5000 ਮੀਟਰ ਵਿੱਚ ਦੂਜੇ ਸਥਾਨ ’ਤੇ ਰਹਿ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ, ਜਦਕਿ ਕਾਜਲ ਨੇ 400 ਅਤੇ 5000 ਮੀਟਰ ਦੌੜ ਵਿੱਚ ਦੂਜੇ ਸਥਾਨ ’ਤੇ ਰਹਿ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਪੂਰੇ ਉਤਸ਼ਾਹ ਅਤੇ ਮਿਹਨਤ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।
ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਅਤੇ ਪ੍ਰੋ. ਜਗਤਾਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।