
ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਅਤੇ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :
ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਫੇਜ਼-6 ਸਥਿਤ ਸਿਵਲ ਹਸਪਤਾਲ ਦੀ ਪੁਲਸ ਚੌਕੀ ਦੀ ਅਚਨਚੇਤ ਜਾਂਚ ਕੀਤੀ। ਇਸ ਦੌਰਾਨ ਚੌਕੀ ਦੇ ਸਟਾਫ਼ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਜਾਂਚ ਦੌਰਾਨ ਐੱਸਐੱਮਓ ਡਾ. ਪ੍ਰਮਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਚੌਕੀ ਦੇ ਵੱਖ-ਵੱਖ ਹਿੱਸਿਆਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਟੀਮ ਨੇ ਕੂਲਰਾਂ, ਗਮਲਿਆਂ, ਕਬਾੜ ਅਤੇ ਖੁੱਲ੍ਹੇ ਟੈਂਕਾਂ ਸਮੇਤ ਪਾਣੀ ਜਮ੍ਹਾਂ ਹੋਣ ਦੀਆਂ ਸੰਭਾਵੀ ਥਾਵਾਂ ਦੀ ਜਾਂਚ ਕੀਤੀ।
ਡਾ. ਸੰਗੀਤਾ ਜੈਨ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਪੁਲਸ ਮੁਲਾਜ਼ਮਾਂ ਅਤੇ ਸਟਾਫ਼ ਨੂੰ ਹਰ ਸ਼ੁੱਕਰਵਾਰ ਡਰਾਈ ਡੇ ਮਨਾਉਣ ਅਤੇ ਮੱਛਰਾਂ ਦੇ ਪਨਪਣ ਵਾਲੀਆਂ ਥਾਵਾਂ ਨੂੰ ਸਾਫ਼ ਤੇ ਸੁੱਕਾ ਰੱਖਣ ਦੀ ਅਪੀਲ ਕੀਤੀ।
ਡਾ. ਅਨਾਮਿਕਾ ਸੋਨੀ ਨੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿਹਤ ਵਿਭਾਗ ਨੇ ਲੋਕਾਂ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਡੇਂਗੂ ਦੀ ਰੋਕਥਾਮ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।