Breaking News
Smart Media Insurance Point

ਮੋਹਾਲੀ ਤੋਂ ਕਾਂਗਰਸ ਨੇ ਵਿੱਢੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ

ਪਰਗਟ ਸਿੰਘ, ਬਾਜਵਾ ਤੇ ਬਲਬੀਰ ਸਿੱਧੂ ਨੇ ‘ਆਪ’ ਸਰਕਾਰ ਨੂੰ ਘੇਰਿਆ;

2027 ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦਾ ਐਲਾਨ

ਮੋਹਾਲੀ, 11 ਨਵੰਬਰ, ਮਨਜੀਤ ਸਿੰਘ ਚਾਨਾ :

ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਮੋਹਾਲੀ ਤੋਂ ਕਰ ਦਿੱਤਾ ਹੈ। ਇਸ ਸਬੰਧੀ ਅੱਜ ਹਲਕਾ ਮੋਹਾਲੀ ਵਿੱਚ ਹੋਈ ਪਹਿਲੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ, ਭ੍ਰਿਸ਼ਟਾਚਾਰ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਕਥਿਤ ਸਿਆਸੀ ਧੱਕੇਸ਼ਾਹੀ ਦੇ ਮੁੱਦਿਆਂ ’ਤੇ ਘੇਰਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਅੱਜ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਮਹਿਜ਼ ਸਿਆਸੀ ਮੁਹਿੰਮ ਨਹੀਂ, ਸਗੋਂ ਪੀੜਤ ਪਰਿਵਾਰਾਂ ਦੀ ਆਵਾਜ਼ ਬਣਨ ਦਾ ਯਤਨ ਹੈ। ਇਸ ਤਹਿਤ ਨਸ਼ਿਆਂ ਅਤੇ ਅਪਰਾਧਾਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤਾਂ ਕਰਨ ਦੇ ਨਾਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਸਾਈਕਲ ਯਾਤਰਾਵਾਂ ਅਤੇ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ।

ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਮੋਹਾਲੀ ਵਿੱਚ GMADA ਵਰਗੇ ਅਹਿਮ ਸਰਕਾਰੀ ਅਦਾਰੇ ਨੂੰ ਵੀ ਕਮਾਈ ਦਾ ਸਾਧਨ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸਰਕਾਰੀ ਸਰੋਤਾਂ ਦੀ ਕਥਿਤ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੁਹਿੰਮ ਦੀ ਸ਼ੁਰੂਆਤ ਮੋਹਾਲੀ ਤੋਂ ਹੋਣਾ ਪਾਰਟੀ ਲਈ ਅਹਿਮ ਹੈ।

ਬਲਬੀਰ ਸਿੰਘ ਸਿੱਧੂ ਨੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ’ਤੇ ਨਿਸ਼ਾਨਾ ਸੇਧਦਿਆਂ ਹਲਕੇ ਵਿੱਚ ਸਿਆਸੀ ਧੱਕੇਸ਼ਾਹੀ ਅਤੇ ਵਿਰੋਧੀ ਵਰਕਰਾਂ ਖ਼ਿਲਾਫ਼ ਕਥਿਤ ਨਾਜਾਇਜ਼ ਪਰਚੇ ਦਰਜ ਕਰਵਾਉਣ ਦੇ ਦੋਸ਼ ਲਾਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਨਿਰਪੱਖਤਾ ’ਤੇ ਵੀ ਸਵਾਲ ਉਠਾਏ। ਸਿੱਧੂ ਨੇ ਕਿਹਾ ਕਿ ਕਾਂਗਰਸ 2027 ਵਿੱਚ ਸਰਕਾਰ ਬਣਨ ’ਤੇ ਲੋਕਾਂ ਨੂੰ ਇਨਸਾਫ਼, ਸੁਰੱਖਿਆ ਅਤੇ ਜਵਾਬਦੇਹ ਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਘਰਸ਼ ਕਰੇਗੀ।

ਮੀਟਿੰਗ ਵਿੱਚ ਵਰਕਿੰਗ ਪ੍ਰਧਾਨ ਰਾਜ ਕੁਮਾਰ ਵੇਰਕਾ ਸਮੇਤ ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਬਰਨਾਲਾ ਤੋਂ ਵਿਧਾਇਕ ਸ. ਕਾਲਾ ਢਿੱਲੋਂ, ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਹਲਕਾ ਖਰੜ ਇੰਚਾਰਜ ਵਿਜੇ ਸ਼ਰਮਾ ਟਿੰਕੂ, ਸ. ਦੀਪਿੰਦਰ ਸਿੰਘ ਢਿੱਲੋਂ, ਸ੍ਰੀਮਤੀ ਬਲਜੀਤ ਕੌਰ, ਸ. ਰਣਜੀਤ ਸਿੰਘ ਜੀਤੀ ਪਡਿਆਲਾ, ਸ. ਬਲਵਿੰਦਰ ਸਿੰਘ ਲਾਡੀ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ, ਅਹੁਦੇਦਾਰਾਂ, ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੰਚ ਸੰਚਾਲਨ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਕੀਤਾ। ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *