
ਸੰਭਾਲਕੀ ਤੇ ਨਾਨੂ ਮਾਜਰਾ ਵਿੱਚ ਪੰਜ ਮਹੀਨਿਆਂ ਤੋਂ ਸਫ਼ਾਈ ਪ੍ਰਬੰਧ ਠੱਪ, ਖੁੱਲ੍ਹੇ ਨਾਲਿਆਂ ਕਾਰਨ ਲੋਕ ਪ੍ਰੇਸ਼ਾਨ: ਗੁਰਪ੍ਰੀਤ ਕੌਰ ਉੱਭਾ
ਮੋਹਾਲੀ, 11 ਨਵੰਬਰ, ਮਨਜੀਤ ਸਿੰਘ ਚਾਨਾ :
ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਸ਼ਹਿਰ ਅਤੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਅਤੇ ਬਦਹਾਲ ਨਾਗਰਿਕ ਸਹੂਲਤਾਂ ਦਾ ਮੁੱਦਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਕੋਲ ਉਠਾਇਆ ਹੈ। ਇਸ ਸਬੰਧੀ ਹਰਦੇਵ ਸਿੰਘ ਉੱਭਾ ਨੇ ਆਪਣੀ ਧਰਮਪਤਨੀ ਅਤੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਸਮੇਤ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਹਾਲੀ ਦੇ ਕਈ ਸੈਕਟਰਾਂ ਵਿੱਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਦੀਆਂ ਸਮੱਸਿਆਵਾਂ ਬਣੀਆਂ ਹੋਈਆਂ ਹਨ। ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਨ੍ਹਾਂ ਦਾ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸੈਕਟਰ 85, 86, 88, 98 ਅਤੇ 99 ਵਿੱਚ ਨਹਿਰੀ ਸਾਫ਼ ਪਾਣੀ ਦੀ ਸਪਲਾਈ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸੈਕਟਰ 66/67 ਨੂੰ ਸੈਕਟਰ 80/81 ਅਤੇ ਵੇਵ ਅਸਟੇਟ ਨਾਲ ਜੋੜਨ ਵਾਲੇ ਅਧੂਰੇ ਪੁਲ ਦਾ ਨਿਰਮਾਣ ਜਲਦੀ ਮੁਕੰਮਲ ਕਰਨ ਅਤੇ ਸੈਕਟਰ 87 ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦਾ ਮਾਮਲਾ ਵੀ ਉਠਾਇਆ।
ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਪਿੰਡ ਸੰਭਾਲਕੀ ਅਤੇ ਨਾਨੂ ਮਾਜਰਾ ਵਿੱਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਦੋਵਾਂ ਪਿੰਡਾਂ ਵਿੱਚ ਸਫ਼ਾਈ ਅਤੇ ਹੋਰ ਸਮੱਸਿਆਵਾਂ ਸਬੰਧੀ ਨਗਰ ਨਿਗਮ ਅਧਿਕਾਰੀਆਂ ਨੂੰ ਲਗਾਤਾਰ ਪੱਤਰ ਅਤੇ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਖੁੱਲ੍ਹੇ ਨਾਲੇ ਪਏ ਹਨ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਖ਼ਤਰਾ ਬਣਿਆ ਹੋਇਆ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਲੋਕਾਂ ਨੂੰ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨ ਦੀ ਮੰਗ ਕੀਤੀ।ਇਸ ਮੌਕੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਭਾਜਪਾ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਮੋਹਾਲੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।