Breaking News
Smart Media Insurance Point

ਨਿਗਮ ਪ੍ਰਸ਼ਾਸਨ ਕਰ ਰਿਹੈ ਵਾਰਡ ਨੰ: 41 ਨਾਲ ਮਤਰੇਈ ਮਾਂ ਵਾਲਾ ਸਲੂਕ: ਗੁਰਪ੍ਰੀਤ ਕੌਰ ਉੱਭਾ

ਵਾਰਡ ਵਾਸੀ ਤਿੰਨ ਮਹੀਨਿਆਂ ਤੋਂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨ

ਮੋਹਾਲੀ, 17 ਨਵੰਬਰ, ਮਨਜੀਤ ਸਿੰਘ ਚਾਨਾ : ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਨਾਲ ਪ੍ਰਸ਼ਾਸਨ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਵਾਰਡ ਵਾਸੀ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ, ਪਰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਇਹ ਦੋਸ਼ ਵਾਰਡ ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਦੀ ਮੀਟਿੰਗ ਦੌਰਾਨ ਵਾਰਡ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਲਗਾਏ।

ਉਨ੍ਹਾਂ ਕਿਹਾ ਕਿ ਵਾਰਡ ਵਿੱਚ ਪਾਣੀ ਦੀ ਨਿਕਾਸੀ ਲਈ ਪੁੱਟੀਆਂ ਗਈਆਂ ਖਾਈਆਂ ਨੂੰ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ। ਖੁੱਲ੍ਹੀਆਂ ਖਾਈਆਂ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਕਈ ਥਾਵਾਂ ‘ਤੇ ਗੰਦਾ ਪਾਣੀ ਓਵਰਫਲੋਅ ਹੋ ਰਿਹਾ ਹੈ, ਜਿਸ ਨਾਲ ਗੰਦਗੀ ਅਤੇ ਬਦਬੂ ਫੈਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਲੋਕ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਅਤੇ ਗੁਣਵੱਤਾ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਬੰਦ ਪਈਆਂ ਸਟਰੀਟ ਲਾਈਟਾਂ ਕਾਰਨ ਰਾਤ ਸਮੇਂ ਲੋਕਾਂ ਨੂੰ ਹਨੇਰੇ ਵਿੱਚ ਆਉਣਾ-ਜਾਣਾ ਪੈਂਦਾ ਹੈ।

ਗੁਰਪ੍ਰੀਤ ਕੌਰ ਉੱਭਾ ਨੇ ਦੋਸ਼ ਲਾਇਆ ਕਿ ਨਗਰ ਨਿਗਮ ਦੇ ਅਧਿਕਾਰੀ ਉਨ੍ਹਾਂ ਦੇ ਫੋਨ ਤੱਕ ਨਹੀਂ ਚੁੱਕਦੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਰੋਕ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੱਕ ਚੁਣੀ ਹੋਈ ਕੌਂਸਲਰ ਦੀ ਹੀ ਸੁਣਵਾਈ ਨਹੀਂ ਹੋ ਰਹੀ ਤਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਕੌਣ ਸੁਣੇਗਾ?

ਉਨ੍ਹਾਂ ਮੇਅਰ, ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖਾਈਆਂ ਦਾ ਕੰਮ ਤੁਰੰਤ ਪੂਰਾ ਕਰਕੇ ਸੁਰੱਖਿਅਤ ਢੰਗ ਨਾਲ ਬੰਦ ਕੀਤਾ ਜਾਵੇ, ਸਫ਼ਾਈ ਅਤੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਸਾਫ਼ ਪੀਣ ਯੋਗ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਸਟਰੀਟ ਲਾਈਟਾਂ ਠੀਕ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਵਾਰਡ ਵਾਸੀ ਵੀ ਨਗਰ ਨਿਗਮ ਨੂੰ ਟੈਕਸ ਅਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮਿਲਣਾ ਉਨ੍ਹਾਂ ਦਾ ਹੱਕ ਹੈ। ਉਹ ਵਾਰਡ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

Leave a Reply

Your email address will not be published. Required fields are marked *