
ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ, ਡੀਪਫੇਕ ਅਤੇ ਡਿਜੀਟਲ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ
ਮੋਹਾਲੀ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ) ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਾਈਬਰ ਸੁਰੱਖਿਆ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਸਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸੀਨੀਅਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਵਰਕਸ਼ਾਪ ਦਾ ਸੰਚਾਲਨ ਸੈਕਿਊਨੀਅਸ ਟੈਕ ਦੇ ਸੰਸਥਾਪਕ ਤੇ ਸੀਈਓ ਅਤੇ ਸਾਈਬਰ ਸੁਰੱਖਿਆ ਤੇ ਏਆਈ ਮਾਹਿਰ ਸ੍ਰੀ ਪਲਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿੱਚ ਤਕਨਾਲੋਜੀ ਦੀ ਸਹੀ ਵਰਤੋਂ ਦੇ ਨਾਲ-ਨਾਲ ਇਸ ਦੇ ਖ਼ਤਰਿਆਂ ਪ੍ਰਤੀ ਸੁਚੇਤ ਰਹਿਣਾ ਵੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਨੇ ਆਨਲਾਈਨ ਧੋਖਾਧੜੀ, ਡੀਪਫੇਕ, ਡੇਟਾ ਚੋਰੀ, ਈਮੇਲ ਖਾਤਿਆਂ ਦੀ ਦੁਰਵਰਤੋਂ ਅਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਵਰਗੇ ਅਹਿਮ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੋਂ ਬਚਣ ਅਤੇ ਸੋਸ਼ਲ ਮੀਡੀਆ ‘ਤੇ ਨਿੱਜੀ ਜਾਣਕਾਰੀ ਸਾਂਝੀ ਕਰਨ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਏਆਈ ਆਧਾਰਿਤ ਸਿੱਖਿਆ ਸਾਧਨਾਂ, ਡਿਜ਼ਾਈਨ ਐਪਲੀਕੇਸ਼ਨਾਂ ਅਤੇ ਪਾਸਵਰਡ ਮੈਨੇਜਰਾਂ ਦੀ ਉਪਯੋਗਤਾ ਬਾਰੇ ਵੀ ਜਾਣੂ ਕਰਵਾਇਆ।
ਇੰਟਰਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸਵਾਲ ਪੁੱਛੇ ਅਤੇ ਮਾਹਿਰ ਨਾਲ ਵਿਚਾਰ-ਵਟਾਂਦਰਾ ਕੀਤਾ।
ਅੰਤ ਵਿੱਚ ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਭਿਲਾਸ਼ਾ ਸਿੰਘ ਨੇ ਧੰਨਵਾਦ ਕੀਤਾ ਅਤੇ ਸ੍ਰੀ ਪਲਵਿੰਦਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਹ ਵਰਕਸ਼ਾਪ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿੱਚ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ ਵਿੱਚ ਸਫ਼ਲ ਰਹੀ।