
ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਤੇ ਪਤੀ ਹਰਦੇਵ ਸਿੰਘ ਉੱਭਾ ਵੱਲੋਂ ਸੂਬੇ ਦੀਆਂ ਸੜਕਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ
ਮੋਹਾਲੀ, 20 ਨਵੰਬਰ, ਮਨਜੀਤ ਸਿੰਘ ਚਾਨਾ :
ਮੋਹਾਲੀ ਦੇ ਪਿੰਡ ਸੰਭਾਲਕੀ ਵਿੱਚ ਹਾਲ ਹੀ ਵਿੱਚ ਬਣਾਈ ਗਈ ਸੜਕ ਦੀ ਗੁਣਵੱਤਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੜਕ ’ਤੇ ਵਿਛਾਇਆ ਗਿਆ ਮਟੀਰੀਅਲ ਹੱਥ ਨਾਲ ਰਗੜਨ ’ਤੇ ਹੀ ਉਖੜਦਾ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਨਿਰਮਾਣ ਕਾਰਜ ਵਿੱਚ ਵਰਤੀ ਗਈ ਸਮੱਗਰੀ ਅਤੇ ਅਪਣਾਏ ਗਏ ਮਾਪਦੰਡਾਂ ’ਤੇ ਸਵਾਲ ਉੱਠਣ ਲੱਗੇ ਹਨ।
ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 41 ਤੋਂ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਅਤੇ ਉਨ੍ਹਾਂ ਦੇ ਪਤੀ ਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਬਣੀ ਸੜਕ ਦਾ ਮਟੀਰੀਅਲ ਹੱਥ ਲਾਉਣ ਨਾਲ ਹੀ ਉਖੜਨਾ ਨਿਰਮਾਣ ਕਾਰਜ ਦੀ ਗੁਣਵੱਤਾ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸਾਂ ਨਾਲ ਇਕੱਠੇ ਕੀਤੇ ਪੈਸੇ ਨੂੰ ਵਿਕਾਸ ਕਾਰਜਾਂ ’ਤੇ ਖਰਚ ਕਰਦਿਆਂ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਵਾਲ ਕੀਤਾ ਕਿ ਕੀ ਸੜਕਾਂ ਲੋਕਾਂ ਨੂੰ ਬਿਹਤਰ ਸਹੂਲਤ ਦੇਣ ਲਈ ਬਣਾਈਆਂ ਜਾ ਰਹੀਆਂ ਹਨ ਜਾਂ ਮਹਿਜ਼ ਘਟੀਆ ਮਟੀਰੀਅਲ ਦੀ ਪਰਤ ਵਿਛਾ ਕੇ ਸਰਕਾਰੀ ਰਸਮ ਪੂਰੀ ਕੀਤੀ ਜਾ ਰਹੀ ਹੈ।
ਦੋਵਾਂ ਆਗੂਆਂ ਨੇ ਪੰਜਾਬ ਭਰ ਵਿੱਚ ਬਣ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਮਟੀਰੀਅਲ ਦੇ ਨਮੂਨੇ ਲੈ ਕੇ ਸਰਕਾਰੀ ਮਾਨਤਾ ਪ੍ਰਾਪਤ ਲੈਬਾਰਟਰੀਆਂ ਵਿੱਚ ਟੈਸਟ ਕਰਵਾਏ ਜਾਣ। ਇਸ ਦੇ ਨਾਲ ਹੀ ਠੇਕੇਦਾਰਾਂ ਦੀ ਜ਼ਿੰਮੇਵਾਰੀ, ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀ ਗਈ ਨਿਗਰਾਨੀ, ਨਿਰਮਾਣ ਦੇ ਮਾਪਦੰਡਾਂ ਅਤੇ ਖਰਚੇ ਗਏ ਸਰਕਾਰੀ ਫੰਡਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਾਂਚ ਦੌਰਾਨ ਬੇਨਿਯਮੀਆਂ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਠੇਕੇਦਾਰਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਖ਼ਰਾਬ ਸੜਕਾਂ ਦੀ ਮੁਰੰਮਤ ਜਾਂ ਮੁੜ ਉਸਾਰੀ ਵੀ ਬਿਨਾਂ ਵਾਧੂ ਸਰਕਾਰੀ ਖਰਚੇ ਦੇ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਸਰਕਾਰੀ ਰਿਕਾਰਡਾਂ ਵਿੱਚ ਕੰਮ ਮੁਕੰਮਲ ਦਿਖਾਉਣਾ ਨਹੀਂ, ਸਗੋਂ ਲੋਕਾਂ ਨੂੰ ਟਿਕਾਊ ਅਤੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਨਤਕ ਪੈਸੇ ਦੀ ਦੁਰਵਰਤੋਂ ਰੋਕਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।