
56 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਕੀਤਾ ਰੌਸ਼ਨ
ਮੋਹਾਲੀ, 26 ਨਵੰਬਰ, ਪੰਜਾਬੀ ਦੁਨੀਆ ਬਿਊਰੋ:
ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਬੀਸੀਏ (ਏਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀ ਆਨੰਦ ਕੁਮਾਰ ਨੇ ਨੈਸ਼ਨਲ ਪਾਵਰਲਿਫਟਿੰਗ ਚੈਂਪੀਅਨਸ਼ਿਪ-2026 ਦੇ 56 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ।
ਪਾਵਰਲਿਫਟਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ 20 ਤੋਂ 23 ਨਵੰਬਰ ਤੱਕ ਦਿੱਲੀ ਦੇ ਤਿਮਾਰਪੁਰ ਸਥਿਤ ਸਪੋਰਟਸ ਕੰਪਲੈਕਸ, ਜੀਐਸਵੀ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ। ਆਨੰਦ ਕੁਮਾਰ ਨੇ ਆਪਣੀ ਬੇਮਿਸਾਲ ਤਾਕਤ, ਦ੍ਰਿੜ ਇਰਾਦੇ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਸਦਕਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ।
ਆਨੰਦ ਦੀ ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਉਸ ਨੂੰ ਵਧਾਈ ਦਿੱਤੀ ਗਈ ਅਤੇ ਉਸ ਦੀ ਮਿਹਨਤ, ਲਗਨ ਤੇ ਖੇਡਾਂ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਡਾਇਰੈਕਟਰ ਸਪੋਰਟਸ ਡਾ. ਕਰਮਵੀਰ ਸਿੰਘ ਅੱਤਰੀ ਨੇ ਆਨੰਦ ਕੁਮਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਆਨੰਦ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ। ਯੂਨੀਵਰਸਿਟੀ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਆਨੰਦ ਦੀ ਇਸ ਕਾਮਯਾਬੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਭਵਿੱਖ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।