
ਪੰਜਾਬ ਸਰਕਾਰ ਤੋਂ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਰੱਦ ਕਰਨ ਦੀ ਕੀਤੀ ਮੰਗ
ਮੋਹਾਲੀ, 3 ਦਸੰਬਰ, ਪੰਜਾਬੀ ਦੁਨੀਆ ਬਿਊਰੋ:
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਪਿੰਡ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ ‘ਤੇ ਕਥਿਤ ਤੌਰ ਤੇ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੀ ਰਾਜਨੀਤਿਕ ਵਿੰਗ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।
ਵਿੰਗ ਦੇ ਆਗੂ ਨੇ ਦਲੀਲ ਦਿੰਦਿਆਂ ਕਿਹਾ ਕਿ ਕਤਲ ਹੋਏ ਬੱਚਿਆਂ ਦੇ ਪਰਿਵਾਰ ਨੂੰ ਧਰਨਾ ਲਾਉਣ ਦੀ ਲੋੜ ਇਸ ਕਰਕੇ ਪਈ ਕਿਉਕਿ ਵਾਪਰੀ ਇਸ ਘਟਨਾ ਸਬੰਧੀ ਪ੍ਰਸ਼ਾਸ਼ਨ ਵੱਲੋਂ ਸਮੇਂ ਸਿਰ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ। ਜਿਸ ਕਾਰਨ ਮੋਹਾਲੀ ਇਲਾਕੇ ਦੇ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਨੂੰ ਧਰਨੇ ਵਿੱਚ ਸ਼ਿਰਕਤ ਕਰਨ ਲਈ ਮਜਬੂਰ ਹੋਣਾ ਪਿਆ। ਜੇਕਰ ਇਸ ਅਕਾਲੀ ਆਗੂ ਵਿਰੁੱਧ ਇਹ ਪਰਚਾ ਰੱਦ ਨਾ ਕੀਤਾ ਗਿਆ ਤਾਂ ਪਰਮਿੰਦਰ ਸਿੰਘ ਸੋਹਾਣਾ ਵੱਲੋਂ ਜੋ ਵੀ ਸੰਘਰਸ਼ ਉਲੀਕਿਆ ਜਾਵੇਗਾ, ਜਨਰਲ ਵਰਗ ਉਸ ਵਿੱਚ ਵੱਧ ਚੜ ਕੇ ਹਿੱਸਾ ਲਵੇਗਾ।
ਰਾਜਨੀਤਿਕ ਵਿੰਗ ਦੇ ਆਗੂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ।