Breaking News
Smart Media Dashmesh Insurance Point

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿਖੇਧੀ

ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ

ਐਸ.ਏ.ਐਸ. ਨਗਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ।

ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ ‘ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।

Leave a Reply

Your email address will not be published. Required fields are marked *