
ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਲਿਆ ਫੈਸਲਾ: ਪ੍ਰਧਾਨ ਲਸ਼ਕਰ ਸਿੰਘ
ਮੋਹਾਲੀ, 11 ਮਈ, ਪੰਜਾਬੀ ਦੁਨੀਆ ਬਿਊਰੋ:
ਨੇੜਲੇ ਪਿੰਡ ਖੰਡੋਲੀ, ਰਾਜਪੁਰਾ ਵਿਖੇ ਖਾਲੀ ਪਈ ਸੈਂਕੜੇ ਏਕੜ ਜ਼ਮੀਨ ਨੂੰ ਲੈ ਕੇ ਪਿਛਲੇ ਚਾਰ ਸਾਲਾਂ ਤੋਂ ਜਾਰੀ ਧਰਨੇ ਨੂੰ ਬੀਤੀ ਕੱਲ੍ਹ ਉਜਾੜਾ ਰੋਕੋ ਸੰਘਰਸ਼ ਕਮੇਟੀ ਦੇ ਪ੍ਰਧਾਨ ਲਸ਼ਕਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਸਮਾਪਤ ਕਰ ਦਿੱਤਾ ਗਿਆ।
ਇਸ ਮੌਕੇ ਉਜਾੜਾ ਰੋਕੂ ਸੰਘਰਸ਼ ਕਮੇਟੀ ਦੇ ਪ੍ਰਧਾਨ ਲਸ਼ਕਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਜਾੜਾ ਰੋਕੂ ਸੰਘਰਸ਼ ਕਮੇਟੀ ਵੱਲੋਂ ਖਾਲੀ ਪਈ ਸੈਂਕੜੇ ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਉਣ ਲਈ ਪਿਛਲੇ ਚਾਰ ਸਾਲਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ ਜੋ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਿਨਾਂ ਕਿਸਾਨਾਂ ਦੀ ਜ਼ਮੀਨ ਇਸ ਪ੍ਰੋਜੈਕਟ ਵਿੱਚ ਆਈ ਸੀ, ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਕੰਪਨੀ ਵੱਲੋਂ ਦਿੱਤਾ ਜਾ ਚੁੱਕਾ ਹੈ ਜਿਸ ਦੇ ਚਲਦੇ ਸਾਰੇ ਕਿਸਾਨਾਂ ਨੇ ਇਕੱਠੇ ਹੋ ਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਸੀ, ਜੋ ਕਿ ਅੱਜ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ 200 ਏਕੜ ਜਮੀਨ ਨੂੰ ਲੈ ਕੇ ਉਜਾੜਾ ਰੋਕੋ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਸੀ ਪਰ ਅੱਜ ਕਿਸਾਨਾਂ ਦੀ ਮੰਗ ਪੂਰੀ ਹੋਣ ਦੇ ਚਲਦੇ ਸੰਘਰਸ਼ ਸਮਾਪਤ ਕਰ ਦਿੱਤਾ ਗਿਆ ਹੈ । ਉਹਨਾਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਇਸ ਸੰਘਰਸ਼ ਵਿੱਚ ਉਜਾੜਾ ਰੋਕੂ ਸੰਘਰਸ਼ ਕਮੇਟੀ ਦਾ ਸਾਥ ਦਿੱਤਾ ਸੀ।
ਇਸ ਮੌਕੇ ਐਸਬੀਪੀ ਕੰਪਨੀ ਦੇ ਅਧਿਕਾਰੀ ਨੇ ਉਜਾੜਾ ਰੋਕ ਸੰਘਰਸ਼ ਕਮੇਟੀ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਇਤਿਹਾਸਕ ਫੈਸਲਾ ਹੈ ਇਸ ਨਾਲ ਨੇੜਲੇ ਪਿੰਡਾਂ ਦੀ ਨੁਹਾਰ ਬਦਲੇਗੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ ਇਸ ਕਰਕੇ ਅੱਜ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ ਹੈ।
ਇਸ ਮੌਕੇ ਲਸ਼ਕਰ ਸਿੰਘ, ਬਿਕਰਮਜੀਤ ਸਿੰਘ, ਕਰਮ ਸਿੰਘ, ਕਰਮ ਚੰਦ, ਬਲਜੀਤ ਸਿੰਘ ਜੋਰਾ ਸਿੰਘ, ਕਪੂਰਾਂ, ਸੁਖਵਿੰਦਰ ਸਿੰਘ, ਰਮਿੰਦਰ ਸਿੰਘ, ਬਲਵੀਰ ਸਿੰਘ ਸਮੇਤ ਹੋਰ ਵੀ ਕਿਸਾਨ ਮੌਜੂਦ ਸਨ।