
ਬੈਂਗਲੁਰੂ, 20 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਕਰਨਾਟਕ ਦੇ ਸਾਬਕਾ ਡੀਜੀਪੀ ਓਮ ਪ੍ਰਕਾਸ਼ ਐਤਵਾਰ ਨੂੰ ਬੈਂਗਲੁਰੂ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ। ਸ਼ਹਿਰ ਦੇ ਇੱਕ ਆਲੀਸ਼ਾਨ ਰਿਹਾਇਸ਼ੀ ਇਲਾਕੇ ਐਚਐਸਆਰ ਲੇਆਉਟ ਵਿਖੇ ਸਥਿਤ ਉਨ੍ਹਾਂ ਦੇ ਘਰ ਵਿੱਚ ਖੂਨ ਨਾਲ ਲੱਥਪੱਥ ਉਨ੍ਹਾਂ ਦੀ ਲਾਸ਼ ਮਿਲੀ, ਜਿਸ ਕਾਰਨ ਸ਼ਹਿਰ ਵਿਚ ਸਨਸਨੀ ਫੈਲ ਗਈ।
ਪੁਲਿਸ ਸੂਤਰਾਂ ਅਨੁਸਾਰ, ਸੇਵਾਮੁਕਤ ਡੀਜੀਪੀ ਦੀ ਚਾਕੂ ਮਾਰ ਕੇ ਹੱਤਿਆ ਕੀਤੀ ਗਈ ਅਤੇ ਲਾਸ਼ ‘ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਾਬਕਾ ਡੀਜੀਪੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੇਂਟ ਜੌਹਨ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਦੇ ਹਵਾਲੇ ਨਾਲ ਪੁਲਿਸ ਨੂੰ ਘਟਨਾ ਬਾਰੇ ਸਾਬਕਾ ਡੀਜੀਪੀ ਦੀ ਪਤਨੀ ਪੱਲਵੀ ਨੇ ਸੂਚਿਤ ਕੀਤਾ। ਪੁਲਿਸ ਨੂੰ ਮੌਤ ਵਿੱਚ ਇੱਕ ਨਜ਼ਦੀਕੀ ਪਰਿਵਾਰਕ ਮੈਂਬਰ ਦੀ ਸ਼ਮੂਲੀਅਤ ਦਾ ਸ਼ੱਕ ਹੈ।
ਦੱਸਣਯੋਗ ਹੈ ਕਿ ਬਿਹਾਰ ਦੇ ਚੰਪਾਰਣ ਦੇ ਰਹਿਣ ਵਾਲੇ ਓਮ ਪ੍ਰਕਾਸ਼, 1981 ਬੈਚ ਦੇ ਆਈਪੀਐਸ ਅਧਿਕਾਰੀ ਸਨ। ਉਹ 2015 ਤੋਂ 2017 ਤੱਕ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ।