
ਜਲੰਧਰ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਭਾਜਪਾ ਆਗੂ ਵਿਜੇ ਸਾਂਪਲਾ ਦਾ ਕਰੀਬੀ ਰਿਸ਼ਤੇਦਾਰ ਰੌਬਿਨ ਸਾਂਪਲਾ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ, ਜਿਸ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੋ। ਰੌਬਿਨ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਸਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਮਾਨ ਨੇ ਕਿਹਾ ਕਿ ਰੌਬਿਨ ਦੀ ਹਮਾਇਤ ਜਲੰਧਰ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ‘ਆਪ’ ਨੂੰ ਮਜ਼ਬੂਤ ਕਰੇਗੀ।
‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਰੌਬਿਨ ਨੇ ਕਿਹਾ ਕਿ ਇਹ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਖੜ੍ਹੀ ਹੈ। ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਦੱਸਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਸਾਂਪਲਾ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ਤੋਂ ‘ਮੋਦੀ ਕਾ ਪਰਿਵਾਰ’ ਟੈਗਲਾਈਨ ਨੂੰ ਹਟਾ ਦਿੱਤਾ ਸੀ।