
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ, ਪੰਜਾਬੀ ਦੁਨੀਆ ਬਿਊਰੋ:
ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਕਾਨਫਰੰਸਾਂ ਕੀਤੀਆਂ ਗਈਆਂ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਆਸੀ ਕਾਨਫਰੰਸ ਵਿੱਚ ਪਹੁੰਚੇ। ਇਸ ਤੋਂ ਪਹਿਲਾਂ ਉਹ ਘੋੜਿਆਂ ਦੀ ਲਾਈ ਪ੍ਰਦਰਸ਼ਨੀ ਵਿੱਚ ਪਹੁੰਚੇ, ਜਿੱਥੇ ਉਹਨਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਗਏ ਗੁਰਇਕਬਾਲ ਸਿੰਘ ਬਰਾੜ ਸੈਣੇਵਾਲਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਇਕਬਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਪ੍ਰਦਰਸ਼ਨੀ ਦੇ ਪ੍ਰਬੰਧਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਗੁਰਇਕਬਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਗੁਰ ਇਕਬਾਲ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਪਸ਼ੂ ਪਾਲਕਾਂ ਲਈ ਸਾਰਥਕ ਸਿੱਧ ਹੋਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਦੋਂ ਪਸ਼ੂ ਮੇਲੇ ਲੱਗਦੇ ਸਨ ਤਾਂ ਉਸ ਵੇਲੇ ਪਸ਼ੂ ਪਾਲਕਾਂ ਲਈ ਵੱਡਾ ਉਤਸਾਹ ਦਿਖਾਈ ਦਿੰਦਾ ਸੀ। ਪ੍ਰੰਤੂ ਕਾਂਗਰਸ ਅਤੇ ਆਪ ਸਰਕਾਰ ਵੱਲੋਂ ਪਸ਼ੂ ਪਾਲਕਾਂ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਗਏ, ਜਿਸ ਕਰਕੇ ਪਸ਼ੂ ਮੇਲੇ ਵੀ ਬੰਦ ਹੋ ਗਏ।