Breaking News
Dashmesh GS Electricals Smart Media Insurance Point Tav Prasad

ਪੰਜ ਸਿੰਘ ਸਾਹਿਬਾਨ ਦਾ ਫੁਰਮਾਨ: ਖ਼ਾਲਸਾ ਪੰਥ ‘ਮੁੱਖ ਮੰਤਰੀ ਭਗਵੰਤ ਮਾਨ ਨੂੰ ਮੂੰਹ ਨਾ ਲਗਾਵੇ’

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਮੁੱਖ ਮੰਤਰੀ ਮਾਨ ‘ਪੰਥ ਵਿਰੋਧੀ’ ਕਰਾਰ

ਪੰਜਾਬ ਕੈਬਨਿਟ ਅਤੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਕੀਤਾ ਤਲਬ

ਅੰਮ੍ਰਿਤਸਰ, 15 ਜੂਨ 2026:

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਵਿੱਚ ਪੰਜਾਬ ਦੀ ਸਿਆਸਤ ਅਤੇ ਸਿੱਖ ਜਗਤ ਨਾਲ ਜੁੜੇ ਕਈ ਅਹਿਮ ਅਤੇ ਸਖ਼ਤ ਫੈਸਲੇ ਲਏ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਦੋਸ਼ੀ, ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਹ ਆਦੇਸ਼ ਤੇ ਹੁਕਮਨਾਮੇ ਜਾਰੀ ਕਰਦਿਆਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਖ਼ਾਲਸਾ ਪੰਥ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ।’

ਇਸ ਦੇ ਨਾਲ ਹੀ, ਵਿਵਾਦਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕਰਨ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਦੀ ਸਮੁੱਚੀ ਕੈਬਨਿਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ।

ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਦੌਰਾਨ ਨਾ ਸਿਰਫ਼ ਪੰਜਾਬ, ਬਲਕਿ ਵਿਦੇਸ਼ਾਂ ਵਿੱਚ ਬੈਠੇ ਸਿੱਖ ਪ੍ਰਬੰਧਾਂ ਦੇ ਮਾਮਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਸਗੋਂ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਚੱਲ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ, ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਬਾਰੇ ਵੀ ਅਹਿਮ ਅਤੇ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *