Breaking News
Smart Media Dashmesh Insurance Point

“ਸਤਿਕਾਰ ਸੋਧ ਐਕਟ” ਵਿੱਚ ਇੱਕ ਮਹੀਨੇ ਅੰਦਰ ਸੋਧ ਕਰੇ ਸਰਕਾਰ: ਜਥੇਦਾਰ ਸਾਹਿਬਾਨ

ਅੰਮ੍ਰਿਤਸਰ, 29 ਜੂਨ, ਪੰਜਾਬੀ ਦੁਨੀਆ ਬਿਊਰੋ :

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਵਿੱਚ ਇੱਕ ਮਹੀਨੇ ਦੇ ਅੰਦਰ ਸੋਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਕਟ ਸਬੰਧੀ ਛੇ ਮੁੱਖ ਇਤਰਾਜ਼ ਦਰਜ ਕਰਦਿਆਂ ਕਿਹਾ ਕਿ ਸਿੱਖ ਮਰਿਆਦਾ, ਸ਼ਬਦਾਵਲੀ ਅਤੇ ਸੰਪਰਦਾ ਨਾਲ ਜੁੜੇ ਮਾਮਲਿਆਂ ਵਿੱਚ ਵਿਧਾਨ ਸਭਾ ਨੂੰ ਫ਼ੈਸਲੇ ਕਰਨ ਦਾ ਅਧਿਕਾਰ ਨਹੀਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਬਣਾਉਣ ‘ਤੇ ਕੋਈ ਇਤਰਾਜ਼ ਨਹੀਂ, ਪਰ ਐਕਟ ਵਿੱਚ ਧਾਰਮਿਕ ਸ਼ਬਦਾਵਲੀ ਅਤੇ ਪਰੰਪਰਾਵਾਂ ਨਾਲ ਸਬੰਧਤ ਪ੍ਰਬੰਧਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਜਥੇਦਾਰ ਨੇ ਇਹ ਵੀ ਕਿਹਾ ਕਿ ਸੋਧਾਂ ਹੋਣ ਤੱਕ ਇਸ ਕਾਨੂੰਨ ਨੂੰ ਲਾਗੂ ਨਾ ਕੀਤਾ ਜਾਵੇ।

ਸੁਣਵਾਈ ਦੌਰਾਨ ਜਥੇਦਾਰ ਨੇ ਦੋ ਸਵਾਲ ਵੀ ਉਠਾਏ। ਇਸ ਮੌਕੇ ਮੌਜੂਦ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਿੱਲ ਨੂੰ ਪੂਰੀ ਤਰ੍ਹਾਂ ਪੜ੍ਹੇ ਬਿਨਾਂ ਹੀ ਆਪਣੀ ਸਹਿਮਤੀ ਦਿੱਤੀ ਸੀ। ਸੁਣਵਾਈ ਤੋਂ ਪਹਿਲਾਂ ਜਥੇਦਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੋ ਵੀਡੀਓ ਵੀ ਚਲਾਈਆਂ।

ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਅਤੇ ਵਿਧਾਇਕ ਲਿਖਤੀ ਸਪੱਸ਼ਟੀਕਰਨ ਦੇਣ ਲਈ ਨੰਗੇ ਪੈਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਮੌਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਵਿਧਾਇਕ ਵੀ ਮੌਜੂਦ ਰਹੇ। ਹੁਣ ਸਰਕਾਰ ਵੱਲੋਂ ਇੱਕ ਮਹੀਨੇ ਦੇ ਅੰਦਰ ਕੀਤੇ ਜਾਣ ਵਾਲੇ ਫ਼ੈਸਲੇ ‘ਤੇ ਸਿਆਸੀ ਅਤੇ ਧਾਰਮਿਕ ਹਲਕਿਆਂ ਦੀ ਨਜ਼ਰ ਟਿਕੀ ਹੋਈ ਹੈ।

Leave a Reply

Your email address will not be published. Required fields are marked *