Breaking News
Dashmesh GS Electricals Verka Smart Media Insurance Point Tav Prasad

ਜਲੰਧਰ ਜ਼ਿਮਨੀ ਚੋਣ: ਅਕਾਲੀ ਉਮੀਦਵਾਰ ਸੁਰਜੀਤ ਕੌਰ ‘ਆਪ’ ਵਿੱਚ ਸ਼ਾਮਲ

ਸੀਐਮ ਭਗਵੰਤ ਮਾਨ ਨੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦਾ ‘ਆਪ’ ‘ਚ ਕੀਤਾ ਸਵਾਗਤ

ਜਲੰਧਰ/ਚੰਡੀਗੜ੍ਹ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਪੱਛਮੀ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਛੱਡ ਕੇ ਆਪਣੇ ਪੂਰੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਆਪ’ ‘ਚ ਸ਼ਾਮਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਰਗੇ ਨੇਤਾਵਾਂ ਦਾ ‘ਆਪ’ ਪਰਿਵਾਰ ‘ਚ ਦਿਲੋਂ ਸਵਾਗਤ ਕਰਦੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਸੁਰਜੀਤ ਕੌਰ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਬਹੁਤ ਹੀ ਧਾਰਮਿਕ ਸ਼ਖ਼ਸੀਅਤਾਂ ਹਨ ਜਿਨ੍ਹਾਂ ਦੇ ਦਿਲਾਂ ਵਿੱਚ ਪੰਥ, ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਹਮਦਰਦੀ ਹੈ। ਉਨ੍ਹਾਂ ਦੇ ਪਤੀ ਜਥੇਦਾਰ ਪ੍ਰੀਤਮ ਸਿੰਘ ਨੇ ਵੀ ਲੋਕਾਂ ਦੀ ਸੇਵਾ ਕੀਤੀ ਅਤੇ ਸੁਰਜੀਤ ਕੌਰ ਖ਼ੁਦ ਦੋ ਵਾਰ ਕੌਂਸਲਰ ਰਹਿ ਚੁੱਕੀ ਹੈ।

ਮਾਨ ਨੇ ਕਿਹਾ ਕਿ ਇਹ ਪਰਿਵਾਰ ਪੰਜਾਬ ਅਤੇ ਪੰਜਾਬੀਅਤ ਲਈ ਲੜਿਆ ਹੈ, ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਜੇਲ੍ਹ ਵੀ ਗਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਖ਼ੁਸ਼ਕਿਸਮਤ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਦੇ ਚਾਹਵਾਨ ਲੋਕਾਂ ਦੀ ਪਹਿਲੀ ਅਤੇ ਇਕਲੌਤੀ ਪਸੰਦ ਬਣ ਰਹੀ ਹੈ । ਉਨ੍ਹਾਂ ਸੁਰਜੀਤ ਕੌਰ ਦਾ ‘ਰੰਗਲਾ ਪੰਜਾਬ’ ਦੀ ਟੀਮ ਵਿੱਚ ਸਵਾਗਤ ਕੀਤਾ। ਮਾਨ ਨੇ ਇਹ ਵੀ ਕਿਹਾ ਕਿ ਅੱਜ ਅਕਾਲੀ ਦਲ ਦੀ ਹਾਲਤ ਤਰਸਯੋਗ ਹੈ, ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ। ਹਮੇਸ਼ਾ ਦੀ ਤਰ੍ਹਾਂ ਉਹ ਆਪਣੇ ਨਿੱਜੀ ਸੁਆਰਥੀ ਏਜੰਡਿਆਂ ਨੂੰ ਲੋਕਾਂ ਅਤੇ ਪੰਜਾਬ ਤੋਂ ਉੱਪਰ ਰੱਖ ਰਹੇ ਹਨ। 

‘ਆਪ’ ਆਗੂਆਂ ਨੇ ਮੰਗਲਵਾਰ ਨੂੰ ਜਲੰਧਰ ‘ਚ ਸੁਰਜੀਤ ਕੌਰ ਦਾ ‘ਆਪ’ ‘ਚ ਰਸਮੀ ਸਵਾਗਤ ਕਰਨ ਲਈ ਇਕ ਪ੍ਰੈੱਸ ਕਾਨਫ਼ਰੰਸ ਨੂੰ ਵੀ ਸੰਬੋਧਨ ਕੀਤਾ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ‘ਆਪ’ ਜਲੰਧਰ ਪੱਛਮੀ ਦੇ ਉਮੀਦਵਾਰ ਮੋਹਿੰਦਰ ਭਗਤ ਅਤੇ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਹਾਜ਼ਰ ਸਨ।

Leave a Reply

Your email address will not be published. Required fields are marked *