
ਨਸ਼ਿਆਂ ਦੇ ਮਾਮਲੇ ਵਿੱਚ ਰਵਾਇਤੀ ਪਾਰਟੀਆਂ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ
ਪੰਜਾਬ ਦੇ ਕਈ ਇਲਾਕਿਆਂ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਨਾਲ ਝੋਨਾ ਲਾਇਆ ਗਿਆ
ਸ਼ਹਿਣਾ (ਬਰਨਾਲਾ), 19 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੰਘੇ ਸੋਮਵਾਰ ਨੂੰ ਸਰਕਾਰ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸੰਵੇਦਨਸ਼ੀਲ ਅਤੇ ਨਾਜ਼ੁਕ ਘਟਨਾਵਾਂ ਹਰੇਕ ਪੰਜਾਬੀ ਨੂੰ ਧੁਰ ਅੰਦਰ ਤੱਕ ਹਲੂਣ ਦਿੰਦੀਆਂ ਹਨ ਅਤੇ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਉਤੇ ਗਹਿਰਾ ਅਸਰ ਪੈਂਦਾ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਨੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਰਣਨੀਤੀ ਨੂੰ ਕਾਰਗਰ ਸਿੱਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਆਸੀ ਅਸਰ-ਰਸੂਖ ਵਾਲੇ ਤਾਕਤਵਾਰ ਵਿਅਕਤੀ ਜੋ ਆਪਣੇ ਆਪ ਨੂੰ ਕਾਨੂੰਨ ਤੋਂ ਉਪਰ ਸਮਝਦੇ ਸਨ, ਹੁਣ ਨਾਭਾ ਜੇਲ੍ਹ ਵਿੱਚ ਬੰਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਜਿਹੇ ਨੇਤਾ ਦੀ ਗ੍ਰਿਫਤਾਰੀ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਦੋਗਲੇ ਕਿਰਦਾਰ ਦਾ ਪਰਦਾਫਾਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਸ਼ਿਆਂ ਦੀ ਲਾਹਨਤ ਨੇ ਲੰਬੇ ਸਮੇਂ ਤੋਂ ਪੰਜਾਬ ਦੇ ਅਕਸ ਨੂੰ ਢਾਹ ਲਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਬਹੁ-ਪੱਖੀ ਰਣਨੀਤੀ ਅਪਣਾਈ ਜਿਸ ਤਹਿਤ ਨਸ਼ਾ ਸਪਲਾਈ ਨੂੰ ਤੋੜਨਾ, ਵੱਡੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨਾ, ਪੀੜਤਾਂ ਦਾ ਮੁੜ ਵਸੇਬਾ ਕਰਨਾ ਅਤੇ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀ ਜਾਇਦਾਦ ਨੂੰ ਜ਼ਬਤ ਕਰਨਾ ਜਾਂ ਢਾਹੁਣਾ ਸ਼ਾਮਲ ਹੈ।
ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਲਈ ਮਤੇ ਪਾਸ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੈਸਾ ਕਮਾਉਣ ਖਾਤਰ ਨਸ਼ੇ ਨਾਲ ਲੋਕਾਂ ਦੇ ਘਰ ਤਬਾਹ ਕਰਨ ਵਾਲੇ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਗੇ ਨਹੀਂ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਨੇ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਹੈ ਅਤੇ ਇਸ ਧੰਦੇ ਦੇ ਪਿੱਛੇ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਜਾਂ ਢਾਹਿਆ ਜਾ ਰਿਹਾ ਹੈ ਜਿਸ ਨਾਲ ਦੂਜਿਆਂ ਨੂੰ ਸਬਕ ਮਿਲਦਾ ਹੈ।
ਖੇਤੀਬਾੜੀ ਖੇਤਰ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਲੁਆਈ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਨਹਿਰੀ ਪਾਣੀ ਹੁਣ ਟੇਲਾਂ ‘ਤੇ ਪੈਂਦੇ ਦੂਰ-ਦੁਰਾਡੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਰਕਾਰ ਨੇ ਪੰਜਾਬ ਭਰ ਵਿੱਚ 15,947 ਖਾਲਿਆਂ ਅਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।