
ਨਵੀਂ ਦਿੱਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਤਹਿਲਕਾ’ ਦੇ ਸਾਬਕਾ ਸੰਪਾਦਕ-ਇਨ-ਚੀਫ਼ ਤਰੁਣ ਤੇਜਪਾਲ ਨੇ ਸੋਮਵਾਰ ਨੂੰ ਗੋਆ ਦੀ ਮਾਪੂਸਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਬੰਬੇ ਹਾਈ ਕੋਰਟ ਵੱਲੋਂ 2013 ਵਿੱਚ ਗੋਆ ਦੇ ਇੱਕ ਹੋਟਲ ਦੀ ਲਿਫ਼ਟ ਵਿੱਚ ਆਪਣੀ ਜੂਨੀਅਰ ਸਹਿਕਰਮੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਸ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਆਤਮ ਸਮਰਪਣ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਤੇਜਪਾਲ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਉਸ ਨੂੰ ਦੋ ਹਫ਼ਤਿਆਂ ਦੇ ਅੰਦਰ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ 6 ਅਗਸਤ ਨੂੰ 2021 ਵਿੱਚ ਗੋਆ ਦੀ ਸੈਸ਼ਨ ਅਦਾਲਤ ਵੱਲੋਂ ਦਿੱਤੇ ਬਰੀ ਦੇ ਫ਼ੈਸਲੇ ਨੂੰ ਪਲਟਦਿਆਂ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਮਈ 2021 ਵਿੱਚ ਸੈਸ਼ਨ ਅਦਾਲਤ ਨੇ ਕਿਹਾ ਸੀ ਕਿ ਇਸਤਗਾਸਾ ਪੱਖ ਦੋਸ਼ਾਂ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਅਸਫਲ ਰਿਹਾ। ਇਸ ਤੋਂ ਬਾਅਦ ਗੋਆ ਸਰਕਾਰ ਨੇ ਇਸ ਫ਼ੈਸਲੇ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ। ਹਾਈ ਕੋਰਟ ਨੇ ਤੇਜਪਾਲ ਨੂੰ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।