ਨਵੀਂ ਦਿੱਲੀ, 21 ਮਾਰਚ, ਪੰਜਾਬੀ ਦੁਨੀਆ ਬਿਊਰੋ:
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮੀਂ 7 ਵਜੇ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਜਾਂਚ ਏਜੰਸੀ ਵਲੋਂ ਲਗਾਤਾਰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ। ਈਡੀ ਟੀਮ ਦੇ ਨਾਲ ਦਿੱਲੀ ਪੁਲਿਸ ਦੇ ਡੀਸੀਪੀ ਪੱਧਰ ਦੇ ਅਧਿਕਾਰੀ ਵੀ ਮੌਜੂਦ ਹਨ। ਦੂਜੇ ਪਾਸੇ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਵੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਵੀਰਵਾਰ ਦੁਪਹਿਰ 2.30 ਵਜੇ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੁਝ ਘੰਟਿਆਂ ਬਾਅਦ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ।
ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਕੇਜਰੀਵਾਲ ਨੇ ਅਦਾਲਤ ਤੋਂ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਕੋਈ ਰੋਕ ਨਹੀਂ ਹੈ।