ਨਵੀਂ ਦਿੱਲੀ, 2 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਵਿਚ ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ‘ਤੇ ਬਹਿਸ ਕਰਦਿਆਂ ਕਿਹਾ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ। ਇਸ ਤੋਂ ਇਲਾਵਾ ਮਨੀ ਟ੍ਰੇਲ ਦਾ ਵੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਲਈ ਸੰਜੇ ਸਿੰਘ ਨੂੰ ਜਲਦ ਤੋਂ ਜਲਦ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
ਮਾਣਯੋਗ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀਬੀ ਵਰਲੇ ਦੇ ਬੈਂਚ ਨੇ ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲ ਦੀਆਂ ਦਲੀਲਾਂ ਦੇ ਆਧਾਰ ਉਤੇ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਬੈਂਚ ਨੇ ਈ.ਡੀ. ਨੂੰ ਪੁੱਛਿਆ ਕਿ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ ‘ਚ ਬੰਦ ਹਨ। ਕੀ ਈਡੀ ਅਜੇ ਵੀ ਉਸ ਨੂੰ ਹਿਰਾਸਤ ਵਿੱਚ ਰੱਖਣ ਦੀ ਇਜਾਜ਼ਤ ਦੇਣ ਦੇ ਹੱਕ ਵਿੱਚ ਹੈ? ਉਪਰੰਤ ਈਡੀ ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਵਿਰੋਧ ਨਾ ਕਰਨ ਦਾ ਫੈਸਲਾ ਕੀਤਾ, ਜਿਸਦੇ ਆਧਾਰ ਉਤੇ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ।